ਨਵੀਂ ਦਿੱਲੀ, 3 ਦਸੰਬਰ
ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਨੂੰ ਉਨ੍ਹਾਂ ਦੀ ਜੈਅੰਤੀ ਮੌਕੇ ਅੱਜ ਸ਼ਰਧਾਂਜਲੀਆਂ ਭੇਟ ਕੀਤੀਆਂ। ਰਾਸ਼ਟਰਪਤੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਡਾ. ਰਾਜਿੰਦਰ ਪ੍ਰਸਾਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਪ ਰਾਸ਼ਟਰਪਤੀ ਧਨਖੜ ਨੇ ਵੀ ਸਾਬਕਾ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੂੰ ਮਹਾਨ ਨੇਤਾ ਦੱਸਿਆ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਡਾ. ਰਾਜਿੰਦਰ ਪ੍ਰਸਾਦ ਦੇ 26 ਨਵੰਬਰ 1949 ਨੂੰ ਦਿੱਤੇ ਭਾਸ਼ਨ ਦਾ ਹਵਾਲਾ ਦਿੰਦਿਆਂ ਦੇਸ਼ ਦੇ ਪਹਿਲੇ ਰਾਸ਼ਟਰਪਤੀ ਨੂੰ ਯਾਦ ਕੀਤਾ। ਇਸ ਦਿਨ ਸੰਵਿਧਾਨ ਸਭਾ ਵੱਲੋਂ ਦੇਸ਼ ਦੇ ਸੰਵਿਧਾਨ ਨੂੰ ਰਸਮੀ ਤੌਰ ‘ਤੇ ਅਪਣਾਇਆ ਗਿਆ ਸੀ। -ਏਐੱਨਆਈ