ਰਾਜੋਆਣਾ ਮਸਲੇ ਤੇ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਅੱਜ
ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੇ ਜਾਣ ਅਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਨਾਂ ’ਤੇ ਲਿਖੇ ਪੱਤਰ ਤੋਂ ਬਾਅਦ ਇਸ ਮਾਮਲੇ ਨੂੰ ਵਿਚਾਰਨ ਲਈ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 6 ਦਸੰਬਰ ਨੂੰ ਸੱਦੀ ਗਈ ਹੈ। ਇਸ ਇਕੱਤਰਤਾ ਦਾ ਏਜੰਡਾ ਪੰਥਕ ਮੁੱਦਿਆਂ ’ਤੇ ਵਿਚਾਰ ਦੱਸਿਆ ਗਿਆ ਹੈ ਪਰ ਜਾਣਕਾਰੀ ਮੁਤਾਬਕ ਇਸ ਇਕੱਤਰਤਾ ਵਿੱਚ ਭਾਈ ਰਾਜੋਆਣਾ ਦਾ ਮਾਮਲਾ ਪ੍ਰਮੁੱਖਤਾ ਨਾਲ ਵਿਚਾਰੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਭਾਈ ਰਾਜੋਆਣਾ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਉਸ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਰਹਿਮ ਦੀ ਅਪੀਲ ਵਾਪਸ ਲਵੇ। ਰਾਜੋਆਣਾ ਵੱਲੋਂ ਜਥੇਦਾਰ ਨੂੰ ਲਿਖੇ ਗਏ ਪੱਤਰ ਵਿੱਚ ਆਖਿਆ ਗਿਆ ਹੈ ਕਿ ਜਦੋਂ ਤੱਕ ਸ਼੍ਰੋਮਣੀ ਕਮੇਟੀ ਰਹਿਮ ਦੀ ਅਪੀਲ ਵਾਪਸ ਨਹੀਂ ਲੈਂਦੀ, ਉਸ ਦੀ ਭੁੱਖ ਹੜਤਾਲ ਜਾਰੀ ਰਹੇਗੀ। ਦੂਜੇ ਪਾਸੇ ਪੰਜ ਸਿੰਘ ਸਾਹਿਬਾਨ ਦੀ ਇਸ ਇਕੱਤਰਤਾ ਵਾਸਤੇ ਤਖਤ ਸ੍ਰੀ ਪਟਨਾ ਸਾਹਿਬ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਨੁਮਾਇੰਦਿਆਂ ਨੂੰ ਵੀ ਮੀਟਿੰਗ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
The post ਰਾਜੋਆਣਾ ਮਸਲੇ ਤੇ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਅੱਜ first appeared on Ontario Punjabi News.