ਇਸਲਾਮਾਬਾਦ, 25 ਮਾਰਚ
ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦਾ ਅਹਿਮ ਸੈਸ਼ਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਹੀ ਮੁਲਤਵੀ ਕਰ ਦਿੱਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਨੈਸ਼ਨਲ ਅਸੈਂਬਲੀ ਦੇ ਸਪੀਕਰ ਅਸਦ ਕੈਸਰ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਦ ਮੈਂਬਰ ਖ਼ਯਾਲ ਜ਼ਮਾਨ ਦੀ ਮੌਤ ਕਾਰਨ ਸੈਸ਼ਨ 28 ਮਾਰਚ ਨੂੰ ਸ਼ਾਮ 4 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਨੈਸ਼ਨਲ ਅਸੈਂਬਲੀ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ਼, ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ, ਸਹਿ-ਪ੍ਰਧਾਨ ਆਸਿਫ਼ ਅਲੀ ਜ਼ਰਦਾਰੀ ਅਤੇ ਵਿਰੋਧੀ ਧਿਰ ਦੇ ਕਈ ਪ੍ਰਭਾਵਸ਼ਾਲੀ ਸੰਸਦ ਮੈਂਬਰ ਬਹੁ-ਉਡੀਕ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੰਸਦ ਵਿੱਚ ਮੌਜੂਦ ਸਨ।