ਇਸਲਾਮਾਬਾਦ, 8 ਅਪਰੈਲ
ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਪਿੱਛੇ ਮੌਜੂਦ ਕਥਿਤ ‘ਵਿਦੇਸ਼ੀ ਸਾਜ਼ਿਸ਼’ ਦੀ ਜਾਂਚ ਲਈ ਫ਼ੌਜ ਦੇ ਇੱਕ ਸੇਵਾਮੁਕਤ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਇੱਕ ਸੀਨੀਅਰ ਮੰਤਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਦੀ ਪ੍ਰਧਾਨਗੀ ਹੇਠ ਹੋਈ ਵਜ਼ਾਰਤ ਦੀ ਮੀਟਿੰਗ ਵਿੱਚ ਕਮਿਸ਼ਨ ਬਣਾਉਣ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਧਮਕੀ ਵਾਲੇ ਪੱਤਰ ਨਾਲ ਜੁੜੇ ਮੁੱਦੇ ਦੀ ਜਾਂਚ ਲਈ ਇੱਕ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਅਗਵਾਈ ਲੈਫਟੀਨੈਂਟ ਜਨਰਲ (ਸੇਵਾਮੁਕਤ) ਤਾਰਿਕ ਖਾਨ ਕਰਨਗੇ। -ਪੀਟੀਆਈ