ਪ੍ਰਯਾਗਰਾਜ, 26 ਮਈ
ਅਲਾਹਾਬਾਦ ਹਾਈ ਕੋਰਟ ਨੇ ਮਹੱਤਵਪੂਰਨ ਫ਼ੈਸਲੇ ਵਿੱਚ ਪੀਏਸੀ ਦੇ ਉਨ੍ਹਾਂ 34 ਕਾਂਸਟੇਬਲਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਨ੍ਹਾਂ ‘ਤੇ 1991 ਵਿਚ ਕਥਿਤ ਝੂਠੇ ਮੁਕਾਬਲੇ ਵਿਚ 10 ਸਿੱਖ ਨੌਜਵਾਨਾਂ ਨੂੰ ਅਤਿਵਾਦੀ ਮੰਨਦੇ ਹੋਏ ਮਾਰਨ ਦੇ ਦੋਸ਼ ਹਨ। ਜਸਟਿਸ ਰਮੇਸ਼ ਸਿਨਹਾ ਅਤੇ ਜਸਟਿਸ ਬ੍ਰਿਜ ਰਾਜ ਸਿੰਘ ਦੇ ਬੈਂਚ ਨੇ ਕਿਹਾ ਕਿ ਪੁਲੀਸ ਵਾਲਿਆਂ ਨੇ ਬੇਕਸੂਰ ਲੋਕਾਂ ਨੂੰ ਅਤਿਵਾਦੀ ਕਹਿ ਕੇ ਉਨ੍ਹਾਂ ਦੀ ਬੇਰਹਿਮੀ ਅਤੇ ਅਣਮਨੁੱਖੀ ਹੱਤਿਆ ਕੀਤੀ ਹੈ। ਇਸ ਤੋਂ ਇਲਾਵਾ ਜੇਕਰ ਕੁਝ ਮ੍ਰਿਤਕ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਸਨ ਅਤੇ ਉਨ੍ਹਾਂ ਵਿਰੁੱਧ ਅਪਰਾਧਿਕ ਕੇਸ ਦਰਜ ਕੀਤੇ ਗਏ ਸਨ ਤਾਂ ਵੀ ਕਾਨੂੰਨ ਦੁਆਰਾ ਸਥਾਪਤ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਸੀ।