ਜੰਮੂ, 10 ਜੂਨ
ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਨੇ ਫਿਰਕੂ ਤਣਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਅੱਜ ਡੋਡਾ ਅਤੇ ਕਿਸ਼ਤਵਾੜ ਜ਼ਿਲ੍ਹਿਆਂ ਵਿੱਚ ਕਰਫਿਊ ਲਗਾ ਦਿੱਤਾ, ਜਦੋਂ ਕਿ ਭਦਰਵਾਹ ਅਤੇ ਕਿਸ਼ਤਵਾੜ ਕਸਬਿਆਂ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਕੇਂਦਰੀ ਮੰਤਰੀ ਅਤੇ ਸਥਾਨਕ ਸੰਸਦ ਮੈਂਬਰ ਜਤਿੰਦਰ ਸਿੰਘ ਨੇ ਬਜ਼ੁਰਗਾਂ ਅਤੇ ਸਮਾਜ ਦੇ ਮੁਖੀਆਂ ਨੂੰ ਸਦਭਾਵਨਾ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਭਾਰਤੀ ਜਨਤਾ ਪਾਰਟੀ ਦੀ ਸਾਬਕਾ ਤਰਜਮਾਨ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀਆਂ ਕਾਰਨ ਪ੍ਰਦਰਸ਼ਨਾਂ ਦੌਰਾਨ ਭਦਰਵਾਹ ਖੇਤਰ ਵਿੱਚ ਵੀਰਵਾਰ ਸ਼ਾਮ ਨੂੰ ਤਣਾਅ ਪੈਦਾ ਹੋ ਗਿਆ। ਸੋਸ਼ਲ ਮੀਡੀਆ ‘ਤੇ ਭੜਕਾਊ ਭਾਸ਼ਣਾਂ ਦੀਆਂ ਕਥਿਤ ਵੀਡੀਓ ਕਲਿੱਪਾਂ ਫੈਲਾਈਆਂ ਗਈਆਂ ਸਨ। ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਲੋਕਾਂ ਨੂੰ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ ਦੀ ਚਿਤਾਵਨੀ ਦਿੱਤੀ ਹੈ।