ਨਵੀਂ ਦਿੱਲੀ, 15 ਜੂਨ
ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਵਿੱਚ ਹੱਦਬੰਦੀ ਪ੍ਰਕਿਰਿਆ ਤੋਂ ਬਾਅਦ ਵੋਟਰ ਸੂਚੀਆਂ ਵਿੱਚ ਸੁਧਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਮਸੌਦਾ ਸੂਚੀ 31 ਅਗਸਤ ਤੱਕ ਤਿਆਰ ਹੋ ਜਾਵੇਗੀ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨੇ ਸਮੀਖਿਆ ਕਰਨ ਮਗਰੋਂ ਜੰਮੂ ਕਸ਼ਮੀਰ ਦੇ ਮੁੱਖ ਚੋਣ ਅਫਸਰ ਨੂੰ ਦੁਬਾਰਾ ਬਣਾਏ ਗਏ ਵਿਧਾਨ ਸਭਾ ਹਲਕਿਆਂ ਦਾ ਨਕਸ਼ਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਪਲੇਠੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਵਿੱਚ ਸੋਧ ਕੀਤੇ ਜਾਣ ਦੀ ਜ਼ਰੂਰਤ ਹੈ। ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦੇ ਕਾਰਜਾਂ ਲਈ ਅਧਿਕਾਰੀਆਂ ਦੀ ਨਿਯੁਕਤੀ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। -ਪੀਟੀਆਈ