ਲਾਹੌਰ, 20 ਜੂਨ
ਪਾਕਿਸਤਾਨ ਦੇ ਪੰਜਾਬ ਵਿੱਚ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਜਿਨਸੀ ਸੋਸ਼ਣ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਸੂਬੇ ਵਿੱਚ ‘ਐਮਰਜੈਂਸੀ’ ਲਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਗ੍ਰਹਿ ਮੰਤਰੀ ਅਤਾ ਤਰਾਰ ਨੇ ਐਤਵਾਰ ਨੂੰ ਕਿਹਾ ਕਿ ਪ੍ਰਸ਼ਾਸਨ ਨੂੰ ‘ਜਬਰ-ਜਨਾਹ ਦੇ ਮਾਮਲਿਆਂ ਨਾਲ ਨਜਿੱਠਣ ਲਈ ਐਮਰਜੈਂਸੀ ਐਲਾਨਣ’ ਲਈ ਮਜਬੂਰ ਹੋਣਾ ਪਿਆ ਹੈ। ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਜਿਨਸੀ ਸੋਸ਼ਣ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਸਮਾਜ ਅਤੇ ਸਰਕਾਰੀ ਅਧਿਕਾਰੀਆਂ ਲਈ ਇੱਕ ਗੰਭੀਰ ਮੁੱਦਾ ਹੈ। ‘ਡਾਅਨ’ ਅਖਬਾਰ ਮੁਤਾਬਕ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਅਤਾ ਤਰਾਰ ਨੇ ਕਿਹਾ, ”ਪੰਜਾਬ ਵਿੱਚ ਜਬਰ-ਜਨਾਹ ਦੇ ਰੋਜ਼ਾਨਾ ਚਾਰ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਚੱਲਦਿਆਂ ਸਰਕਾਰ ਜਿਨਸੀ ਸੋਸ਼ਣ, ਬਦਸਲੂਕੀ ਅਤੇ ਇਸ ਤਰ੍ਹਾਂ ਦੇ ਮਾਮਲਿਆਂ ਨਾਲ ਨਜਿੱਠਣ ਲਈ ਵਿਸ਼ੇਸ਼ ਉਪਾਆਂ ‘ਤੇ ਵਿਚਾਰ ਕਰ ਰਹੀ ਹੈ।” ਉਨ੍ਹਾਂ ਕਿਹਾ ਕਿ ਜਬਰ-ਜਨਾਹ ਦੀਆਂ ਘਟਨਾਵਾਂ ਰੋਕਣ ਲਈ ਸਰਕਾਰ ਨੇ ਵੱਖ-ਵੱਖ ਮੁਹਿੰਮਾਂ ਸ਼ੁਰੂ ਕੀਤੀਆਂ ਹਨ।