ਗੁਹਾਟੀ, 21 ਜੂਨ
ਪਿਛਲੇ ਹਫ਼ਤੇ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਆਏ ਭਿਆਨਕ ਹੜ੍ਹਾਂ ਨੇ ਅਸਾਮ ਦੇ 36 ਵਿੱਚੋਂ 32 ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 11 ਵਿਅਕਤੀਆਂ ਦੇ ਲਾਪਤਾ ਹੋਣ ਦੀ ਸੂਚਨਾ ਹੈ। ਉਨ੍ਹਾਂ ਦੱਸਿਆ ਕਿ ਬ੍ਰਹਮਪੁੱਤਰ ਅਤੇ ਬਰਾਕ ਨਦੀਆਂ ਦੇ ਨਾਲ ਨਾਲ ਇਸ ਦੀਆਂ ਸਹਾਇਕ ਨਦੀਆਂ ਦੇ ਊਫਾਨ ‘ਤੇ ਹੋਣ ਨਾਲ ਅੱਜ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਮੁੜ ਗੰਭੀਰ ਹੋ ਗਈ ਹੈ। ਹੜ੍ਹਾਂ ਕਾਰਨ ਲਗਪਗ 48 ਲੱਖ ਲੋਕ ਪ੍ਰਭਾਵਿਤ ਹੋਏ ਹਨ। ਅਸਾਮ ਦੀ ਬਰਾਕ ਘਾਟੀ ਦੇ ਕਛਾਰ ਵਿੱਚ ਬਚਾਅ ਮੁਹਿੰਮ ਚਲਾਉਣ ਲਈ ਐੱਨਡੀਆਰਐੱਫ ਦੀਆਂ ਟੀਮਾਂ ਭੇਜੀਆਂ ਗਈਆਂ ਹਨ। ਸੂਬੇ ਵਿੱਚ 14 ਜੂਨ ਤੋਂ ਆਏ ਹੜ੍ਹਾਂ ਅਤੇ ਢਿੱਗਾਂ ਡਿੱਗਣ ਕਾਰਨ ਹੁਣ ਤੱਕ ਕੁੱਲ 44 ਲੋਕਾਂ ਦੀ ਜਾਨ ਜਾ ਚੁੱਕੀ ਹੈ। -ਪੀਟੀਆਈ