ਨਵੀਂ ਦਿੱਲੀ, 16 ਜੁਲਾਈ
ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਗੁਜਰਾਤ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਮਰਹੂਮ ਆਗੂ ਅਹਿਮਦ ਪਟੇਲ ਖ਼ਿਲਾਫ਼ ਲਾਏ ਦੋਸ਼ ਝੂਠੇ ਤੇ ਮਨਘੜਤ ਹਨ ਅਤੇ ਉਹ 2002 ਦੇ ‘ਸਮੂਹਿਕ ਕਤਲੇਆਮਲ’ ਕੇਸ ਵਿੱਚ ਆਪਣੀਜ਼ਿੰਮੇਵਾਰੀ ਤੋਂ ਪੱਲਾ ਝਾੜਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਜਨਾਬੱਧ ਰਣਨੀਤੀ ਦਾ ਹਿੱਸਾ ਹੈ। ਤੀਸਤਾ ਸੀਤਲਵਾੜ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਐੱਸਆਈਟੀ ਨੇ ਗੁਜਰਾਤ ਦੀ ਅਦਾਲਤ ਦੇ ਸਾਹਮਣੇ ਦਾਅਵਾ ਕੀਤਾ ਕਿ 2002 ਦੇ ਦੰਗਿਆਂ ਤੋਂ ਬਾਅਦ ਰਾਜ ਵਿੱਚ ਭਾਜਪਾ ਸਰਕਾਰ ਨੂੰ ਬਰਖਾਸਤ ਕਰਨ ਲਈ ਮਰਹੂਮ ਕਾਂਗਰਸੀ ਆਗੂ ਅਹਿਮਦ ਪਟੇਲ ਦੇ ਇਸ਼ਾਰੇ ‘ਤੇ ਵੱਡੀ ਸਾਜ਼ਿਸ਼ ਦਾ ਹਿੱਸਾ ਸੀ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਬਿਆਨ ਜਾਰੀ ਕਰ ਕੇ ਕਿਹਾ, ‘ਕਾਂਗਰਸ ਮਰਹੂਮ ਅਹਿਮਦ ਪਟੇਲ ‘ਤੇ ਲਗਾਏ ਗਏ ਦੋਸ਼ਾਂ ਨੂੰ ਸਖ਼ਤੀ ਨਾਲ ਰੱਦ ਕਰਦੀ ਹੈ। ਇਹ ਪ੍ਰਧਾਨ ਮੰਤਰੀ ਦੀ ਯੋਜਨਾਬੱਧ ਰਣਨੀਤੀ ਦਾ ਹਿੱਸਾ ਹੈ, ਜਿਸ ਤਹਿਤ ਉਹ 2002 ਵਿੱਚ ਉਨ੍ਹਾਂ ਦੇ ਮੁੱਖ ਮੰਤਰੀ ਰਹਿੰਦਿਆਂ ਹੋਏ ਫਿਰਕੂ ਕਤਲੇਆਮ ਲਈ ਕਿਸੇ ਵੀ ਜ਼ਿੰਮੇਵਾਰੀ ਤੋਂ ਆਪਣੇ ਆਪ ਨੂੰ ਬਚਾਉਣਾ ਚਾਹੁੰਦੇ ਹਨ।’