ਨਵੀਂ ਦਿੱਲੀ, 1 ਅਗਸਤ
ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਵੱਲੋਂ ਅੱਜ ਹੰਗਾਮਾ ਕੀਤਾ ਗਿਆ। ਲੋਕ ਸਭਾ ਤੇ ਰਾਜ ਸਭਾ ਵਿੱਚ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਨਾਅਰੇਬਾਜ਼ੀ ਕਰਨ ਕਾਰਨ ਸੋਮਵਾਰ ਨੂੰ ਦੋਨਾਂ ਸਦਨਾਂ ਦੀ ਕਾਰਵਾਈ ਇਕ ਵਾਰ ਮੁਤਲਵੀ ਕੀਤੇ ਜਾਣ ਬਾਅਦ ਮੁੜ 2 ਵਜੇ ਤਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਲੋਕ ਸਭਾ ਤੇ ਰਾਜਸਭਾ ਦੀ ਕਾਰਵਾਈ 12 ਵਜੇ ਤਕ ਲਈ ਮੁਲਤਵੀ ਕੀਤੀ ਗਈ ਸੀ। ਜਿਵੇਂ ਹੀ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਲੋਕ ਸਭਾ ਦੀ ਕਾਰਵਾਈ ਚਲਾ ਰਹੇ ਰਾਜੇਂਦਰ ਅਗਰਵਾਲ ਨੇ ਅਹਿਮ ਦਸਤਾਵੇਜ਼ ਪੇਸ਼ ਕਰਾਏ। ਇਸ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਕੇਂਦਰੀ ਯੂਨੀਵਰਸਿਟੀਜ਼ ਸੋਧ ਬਿਲ ਪੇਸ਼ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਅਖੀਰ ਲੋਕ ਸਭਾ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤਕ ਲਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕੀਤਾ ਤੇ ਸਦਨ ਨੇ ਮੇਜ਼ ‘ਤੇ ਹੱਥ ਮਾਰ ਕੇ ਤਗਮਾ ਜੇਤੂਆਂ ਦੀ ਸ਼ਲਾਘਾ ਕੀਤੀ। ਇਸ ਤੋਂ ਬਾਅਦ ਸ੍ਰੀ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕਰਾਇਆ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਆਰੰਭ ਦਿੱਤੀ। ਵਿਰੋਧੀ ਧਿਰ ਦੇ ਆਗੂ 4 ਕਾਂਗਰਸੀ ਆਗੂਆਂ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਕਰ ਰਹੇ ਸਨ। ਲੋਕ ਸਭਾ ਸਪੀਕਰ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਆਪਣੀ ਸੀਟਾਂ ‘ਤੇ ਬੈਠਣ ਦੀ ਤੇ ਸਦਨ ਚੱਲਣ ਦੇਣ ਦੀ ਅਪੀਲ ਕੀਤੀ। ਹੰਗਾਮਾ ਨਾ ਰੁਕਦਾ ਦੇਖ ਉਨ੍ਹਾਂ 11.5 ‘ਤੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤਕ ਲਈ ਮੁਲਤਵੀ ਕਰ ਦਿੱਤੀ। ਉਧਰ ਰਾਜਸਭਾ ਵਿੱਚ ਵੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਈਡੀ ਦੀ ਕਾਰਵਾਈ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਤੇ ਸਦਨ ਦੀ ਕਾਰਵਾਈ ਚਲਾ ਰਹੇ ਭੁਵਨੇਸ਼ਵਰ ਕਲੀਤਾ ਨੇ ਅਖੀਰ 12.40 ‘ਤੇ ਸਦਨ ਦੀ ਕਾਰਵਾਈ ਦੋ ਵਜੇ ਤਕ ਲਈ ਮੁਲਤਵੀ ਕਰ ਦਿੱਤੀ। – ਏਜੰਸੀ