ਸ਼ਿਮਲਾ, 8 ਅਗਸਤ
ਕਾਂਗਰਸ ਪਾਰਟੀ ਨੇ ਅੱਜ ਵਾਅਦਾ ਕੀਤਾ ਕਿ ਜੇਕਰ ਉਹ ਹਿਮਾਚਲ ਪ੍ਰਦੇਸ਼ ਵਿੱਚ ਸੱਤਾ ‘ਚ ਆਉਂਦੀ ਹੈ ਤਾਂ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਲੋੜਵੰਦ ਮਹਿਲਾਵਾਂ ਨੂੰ 1500 ਰੁਪਏ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਛੱਤੀਸਗੜ੍ਹ ਦੇ ਮੁੱਖ ਮੰਤਰੀ ਅਤੇ ਕਾਂਗਰਸ ਦੇ ਮੁੱਖ ਚੋਣ ਆਬਜ਼ਰਵਰ ਭੂਪੇਸ਼ ਬਘੇਲ ਨੇ ਰਾਜਸਥਾਨ ਤੇ ਛੱਤੀਸਗੜ੍ਹ ਦੀ ਤਰਜ਼ ‘ਤੇ ਮੁਲਾ਼ਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਵੀ ਕੀਤਾ। ਉਹ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਕ ਸਵਾਲ ਦੇ ਜਵਾਬ ‘ਚ ਸ੍ਰੀ ਬਘੇਲ ਨੇ ਕਿਹਾ ਕਿ ਵਾਅਦੇ ਪੂਰੇ ਕਰਨ ਲਈ ਸੂਬਾਈ ਬਜਟ ਵਿੱਚ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਵਾਅਦੇ ਪਾਰਟੀ ਦੇ ਚੋਣ ਮੈਨੀਫੈਸਟੋ ‘ਚ ਵੀ ਸ਼ਾਮਲ ਕੀਤੇ ਜਾਣਗੇ ਜੋ ਕਿ ਜਲਦੀ ਜਾਰੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਦਸੰਬਰ ਮਹੀਨੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ। -ਪੀਟੀਆਈ