ਨਵੀਂ ਦਿੱਲੀ — ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਨੇ ਸੋਮਵਾਰ ਯਾਨੀ ਕਿ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ’ਚ ਮੋਰਚੇ ਵਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਮੋਰਚੇ ਨੇ ਚਿੱਠੀ ਵਿਚ ਕਿਹਾ ਕਿ ਅਜੇ ਮਿਸ਼ਰਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਅਤੇ ਉਨ੍ਹਾਂ ਖ਼ਿਲਾਫ਼ ਹਿੰਸਾ ਭੜਕਾਉਣ ਅਤੇ ਫਿਰਕੂ ਨਫ਼ਰਤ ਫੈਲਾਉਣ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਸਾਥੀ ਗੁੰਡਿਆਂ ’ਤੇ ਆਈ. ਪੀ. ਸੀ. ਦੀ ਧਾਰਾ-302 ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਤੁਰੰਤ ਗਿ੍ਰਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਮੰਚ ਨੇ ਇਸ ਦੇ ਨਾਲ ਹੀ ਸੁਪਰੀਮ ਕੋਰਟ ਦੀ ਨਿਗਰਾਨੀ ਵਿਚ ਇਕ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਤੋਂ ਘਟਨਾ ਦੀ ਜਾਂਚ ਕਰਾਉਣ ਦੀ ਮੰਗ ਕੀਤੀ।
ਮੋਰਚੇ ਨੇ ਕਿਸਾਨਾਂ ਖ਼ਿਲਾਫ਼ ਕੀਤੀ ਗਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਟਿੱਪਣੀ ਦੇ ਮਾਮਲੇ ਵਿਚ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੇ ਚੰਡੀਗੜ੍ਹ ਵਿਚ ਐਤਵਾਰ ਨੂੰ ਭਾਜਪਾ ਪਾਰਟੀ ਦੇ ਕਿਸਾਨ ਮੋਰਚਾ ਦੀ ਬੈਠਕ ਦੌਰਾਨ ‘ਜੈਸੇ ਨੂੰ ਤੈਸਾ’ ਕਰਨ ਦੀ ਗੱਲ ਆਖੀ ਸੀ। ਉਨ੍ਹਾਂ ਨੇ ਉੱਥੇ ਮੌਜੂਦ ਲੋਕਾਂ ਨੂੰ 500 ਤੋਂ 1000 ਲੋਕਾਂ ਦਾ ਸਮੂਹ ਬਣਾਉਣ ਅਤੇ ਜੇਲ੍ਹ ਜਾਣ ਲਈ ਵੀ ਤਿਆਰ ਰਹਿਣ ਨੂੰ ਕਿਹਾ ਸੀ।
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਦੌਰ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਐਤਵਾਰ ਯਾਨੀ ਕਿ ਕੱਲ੍ਹ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਇਲਾਕੇ ’ਚ ਭੜਕੀ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ।