ਦਰਸ਼ਨ ਸਿੰਘ ਸੋਢੀ
ਮੁਹਾਲੀ, 16 ਸਤੰਬਰ
ਇਥੇ ਪੀਸੀਏ ਵਿੱਚ 20 ਸਤੰਬਰ ਨੂੰ ਭਾਰਤ ਤੇ ਆਸਟਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਪਹਿਲੇ ਕੌਮਾਂਤਰੀ ਟੀ-20 ਕ੍ਰਿਕਟ ਮੈਚ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਪ੍ਰਧਾਨਗੀ ਹੇਠ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਸ੍ਰੀ ਤਲਵਾੜ ਨੇ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਘਾਟ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਮੌਕੇ ‘ਤੇ ਲੋੜੀਦੇ ਪ੍ਰਬੰਧਾਂ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਖਾਸ ਤੌਰ ‘ਤੇ ਕਿਹਾ ਕਿ ਉਹ ਡਾਕਟਰਾਂ ਅਤੇ ਆਪਣੀਆਂ ਮੈਡੀਕਲ ਟੀਮਾਂ ਨੂੰ ਮੈਚ ਵਾਲੇ ਸਥਾਨ ‘ਤੇ ਤਾਇਨਾਤ ਕਰਨਗੇ। ਪੁਲੀਸ ਨੂੰ ਵੀ ਸੁਰੱਖਿਆ ਪ੍ਰਬੰਧਾਂ ਦਾ ਢੁਕਵਾਂ ਪ੍ਰਬੰਧ ਕਰਨ ਲਈ ਕਿਹਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਵਨੀਤ ਕੌਰ, ਐੱਸਡੀਐੱਮ ਮੁਹਾਲੀ ਸ੍ਰੀਮਤੀ ਸਰਬਜੀਤ ਕੌਰ, ਐੱਸਡੀਐੱਮ ਖਰੜ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਤਰਸੇਮ ਚੰਦ ਅਤੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।