ਨਵੀਂ ਦਿੱਲੀ, 19 ਸਤੰਬਰ
ਕਾਂਗਰਸ ਦੀ ਕਰਨਾਟਕ ਇਕਾਈ ਦੇ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਕਾਲੇ ਧਨ ਨੂੰ ਸਫੈਦ ਕਰਨ ਦੇ ਇਕ ਮਾਮਲੇ ਵਿੱਚ ਪੁੱਛਗਿਛ ਲਈ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਹੋਏ। ਕਾਂਗਰਸ ਦੇ 60 ਸਾਲਾ ਆਗੂ ਸ਼ਿਵਕੁਮਾਰ ਦੁਪਹਿਰ ਕਰੀਬ 12 ਵਜੇ ਏਪੀਜੇ ਅਬਦੁਲ ਕਲਾਮ ਰੋਡ ‘ਤੇ ਸੰਘੀ ਏਜੰਸੀ ਦੇ ਦਫ਼ਤਰ ਪਹੁੰਚੇ ਅਤੇ ਉਨ੍ਹਾਂ ਨੂੰ ਈਡੀ ਦਫ਼ਤਰ ਵਿੱਚ ਦਾਖ਼ਲ ਹੁੰਦਿਆਂ ਦੇਖਿਆ ਗਿਆ। ਉਨ੍ਹਾਂ ਦੇ ਨਾਲ ਕੁਝ ਹੋਰ ਲੋਕ ਵੀ ਸਨ। ਈਡੀ ਨੇ ਪਿਛਲੇ ਹਫ਼ਤੇ ਸ਼ਿਵਕੁਮਾਰ ਨੂੰ ਸੰਮਨ ਭੇਜਿਆ ਸੀ। ਕਾਂਗਰਸੀ ਆਗੂ ਨੇ ਉਦੋਂ ਕਿਹਾ ਸੀ ਕਿ ਉਨ੍ਹਾਂ ਨੂੰ ਪਤਾ ਨਹੀਂ ਹੈ ਕਿ ਈਡੀ ਨੇ ਉਨ੍ਹਾਂ ਨੂੰ ਕਿਸ ਮਾਮਲੇ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਈਡੀ ਨੇ ਸੀਬੀਆਈ ਵੱਲੋਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸ਼ਿਵਕੁਮਾਰ ਖ਼ਿਲਾਫ਼ ਦਰਜ ਕੀਤੇ ਗਏ ਇਕ ਕੇਸ ਦਾ ਨੋਟਿਸ ਲੈਣ ਤੋਂ ਬਾਅਦ ਉਨ੍ਹਾਂ ਨੂੰ ਤਾਜ਼ਾ ਸੰਮਨ ਭੇਜਿਆ ਸੀ। -ਪੀਟੀਆਈ