ਵਡੋਦਰਾ, 20 ਸਤੰਬਰ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਗੁਜਰਾਤ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ। ਸ੍ਰੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਜਦੋਂ ਵੀ ਕਾਂਗਰਸੀ ਆਗੂ ਰਾਹੁਲ ਗਾਂਧੀ ਗੁਜਰਾਤ ਦਾ ਦੌਰਾ ਕਰਦੇ ਹਨ ਤਾਂ ਭਾਜਪਾ ਦੇ ਸਮਰਥਕ ਰਾਹੁਲ ਦੇ ਖ਼ਿਲਾਫ਼ ਨਾਅਰੇਬਾਜ਼ੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਭਾਜਪਾ ਤੇ ਕਾਂਗਰਸੀ ਸਮਰਥਕ ਮੈਨੂੰ (ਆਰਵਿੰਦ ਕੇਜਰੀਵਾਲ) ਅਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਨ ਵੇਲੇ ‘ਇਕਜੁੱਟ’ ਹੋ ਜਾਂਦੇ ਹਨ। ਸ੍ਰੀ ਕੇਜਰਵੀਵਾਲ ਨੇ ਕਿਹਾ ਕਿ ਜਦੋਂ ਉਹ ਵਡੋਦਰਾ ਹਵਾਈ ਅੱਡੇ ‘ਤੇ ਪਹੁੰਚੇ ਤਾਂ 30-40 ਵਿਅਕਤੀਆਂ ਨੇ ਉਨ੍ਹਾਂ ਦੇ ਸਾਹਮਣੇ ਹੀ ‘ਮੋਦੀ, ਮੋਦੀ, ਮੋਦੀ’ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਦਾਅਵਾ ਕੀਤਾ ਕਿ ਹਾਲਾਤ ਇਹ ਹਨ ਕਿ ਗੁਜਰਾਤ ਵਿੱਚ ਭਾਜਪਾ ਸੰਕਟ ਵਿੱਚ ਆ ਸਕਦੀ ਹੈ। ਜ਼ਿਕਰਯੋਗ ਹੈ ਕਿ ਦਸੰਬਰ ਮਹੀਨੇ ਵਿੱਚ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਅਰਵਿੰਦ ਕੇਜਰੀਵਾਲ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵਡੋਦਰਾ ਦੇ ਟਾਊਨ ਹਾਲ ਵਿੱਚ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਹੁੰਚੇ ਹਨ। -ਪੀਟੀਆਈ