ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਸਤੰਬਰ
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਊਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਦੀ ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਖ਼ਿਲਾਫ਼ ਪਟੀਸ਼ਨ ‘ਤੇ 10 ਅਕਤੂਬਰ ਨੂੰ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਪਟੀਸ਼ਨ ਵਿੱਚ ਤਿਵਾੜੀ ਨੇ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਦੇ ਪੱਧਰ ‘ਤੇ ਰੋਕ ਲਾਉਣ ਲਈ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਤੇ ਵਰਤੋਂ ਵਿਰੁੱਧ ਦਿੱਲੀ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਬੈਂਚ ਨੇ ਵਕੀਲ ਸਸ਼ਾਂਕ ਸ਼ੇਖਰ ਝਾਅ ਵੱਲੋਂ ਤਿਵਾੜੀ ਦੀ ਤੁਰੰਤ ਸੁਣਵਾਈ ਸਬੰਧੀ ਪਟੀਸ਼ਨ ਦਾ ਜ਼ਿਕਰ ਕਰਨ ਤੋਂ ਬਾਅਦ ਕਿਹਾ ਕਿ ਉਹ ਦੀਵਾਲੀ ਤੋਂ ਪਹਿਲਾਂ 10 ਅਕਤੂਬਰ ਨੂੰ ਸੁਣਵਾਈ ਕਰੇਗਾ। ਦੀਵਾਲੀ 24 ਅਕਤੂਬਰ ਨੂੰ ਹੈ। ਪਟੀਸ਼ਨਰ ਨੇ ਅਦਾਲਤ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕੇ ਵੇਚਣ ਤੇ ਚਲਾਉਣ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ।