ਪ੍ਰਭੂ ਦਿਆਲ
ਸਿਰਸਾ, 3 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਭਾਰਤੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮਿਨੀ ਸਕੱਤਰੇਤ ਦੇ ਬਾਹਰ ਕੇਂਦਰ ਤੇ ਯੋਗੀ ਸਰਕਾਰ ਤੇ ਪੁਤਲੇ ਫੂਕੇ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਤੇ ਯੋਗੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਲਖੀਮਪੁਰ ਖੀਰੀ ਕਤਲ ਕਾਂਡ ਮਾਮਲੇ ‘ਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਖ਼ਿਲਾਫ਼ ਕਾਰਵਾਈ ਕਰਨ ਤੇ ਕਿਸਾਨਾਂ ‘ਤੇ ਦਰਜ ਨਜਾਇਜ਼ ਮੁਕਦਮੇ ਰੱਦ ਕਰਨ ਦੀ ਮੰਗ ਕੀਤੀ। ਇਸ ਸਬੰਧੀ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਤੋਂ ਪਹਿਲਾਂ ਮਿਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਸਭਾ ਦੇ ਆਗੂ ਸੁਖਦੇਵ ਸਿੰਘ ਜੰਮੂ ਨੇ ਕਿਹਾ ਕਿ ਅੱਜ ਲਖੀਮਪੁਰੀ ਖੀਰੀ ਘਟਨਾ ਨੂੰ ਇੱਕ ਸਾਲ ਹੋਣ ਦੇ ਬਾਵਜੂਦ ਹਾਲੇ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨੂੰ ਮਿਲੀਆਂ। ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਵਾਅਦਾ ਪੂਰਾ ਨਹੀਂ ਕੀਤਾ ਜੋ ਸਰਕਾਰਾਂ ਦੀ ਕਥਿਤ ਬਦਨੀਤ ਦੀ ਨਿਸ਼ਾਨੀ ਹਨ। ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ।