ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਆ ਰਹੇ ਹਨ। ਇਸ ਦੀ ਪੁਸ਼ਟੀ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਇਹ ਨਿੱਜੀ ਫੇਰੀ ਹੈ। ਮੋਦੀ 5 ਨਵੰਬਰ ਨੂੰ ਸਵੇਰੇ ਲਗਪਗ 10 ਵਜੇ ਡੇਰਾ ਰਾਧਾ ਸੁਆਮੀ ਬਿਆਸ ਪੁੱਜਣਗੇ।
ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਹਿਮਾਚਲ ਪ੍ਰਦੇਸ਼ ਜਾਣਗੇ। ਇਸ ਪਹਾੜੀ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹ ਸੁੰਦਰਨਗਰ, ਮੰਡੀ, ਸੋਲਨ ਆਦਿ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਡੇਰਾ ਬਿਆਸ ਦੇ ਹਿਮਾਚਲ ਪ੍ਰਦੇਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿਖੇ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕੀਤੀ ਸੀ।