ਲਾਹੌਰ, 8 ਨਵੰਬਰ
ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲੀਸ ਨੇ ਆਖ਼ਰਕਾਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ‘ਤੇ ਹੋਏ ਹਮਲੇ ਦੇ ਸਬੰਧ ਵਿਚ ਐੱਫਆਈਆਰ ਦਰਜ ਕਰ ਲਈ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੂਬਾਈ ਸਰਕਾਰ ਨੂੰ ਇਸ ਮਾਮਲੇ ਵਿੱਚ 24 ਘੰਟਿਆਂ ਦੇ ਅੰਦਰ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਸੀ। ਐੱਫਆਈਆਰ ਵਿੱਚ ਇਸ ਮਾਮਲੇ ਵਿੱਚ ਹਿਰਾਸਤ ਵਿੱਚ ਲਏ ਗਏ ਨਵੀਦ ਮੁਹੰਮਦ ਬਸ਼ੀਰ ਦਾ ਨਾਮ ਮੁੱਖ ਮੁਲਜ਼ਮ ਵਜੋਂ ਦਰਜ ਕੀਤਾ ਗਿਆ ਹੈ। ਹਾਲਾਂਕਿ ਇਸ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਗ੍ਰਹਿ ਮੰਤਰੀ ਰਾਣਾ ਸਨਾਉੱਲਾ ਅਤੇ ਮੇਜਰ ਜਨਰਲ ਫੈਜ਼ਲ ਨਸੀਰ ਦੇ ਨਾਵਾਂ ਦਾ ਜ਼ਿਕਰ ਨਹੀਂ ਹੈ, ਜਿਨ੍ਹਾਂ ‘ਤੇ ਖਾਨ ਨੇ ਆਪਣੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ ਨੇਤਾ ਫਵਾਦ ਚੌਧਰੀ ਨੇ ਕਿਹਾ, ‘ਅਸੀਂ ਐੱਫਆਈਆਰ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਵਾਂਗੇ।’