ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 10 ਦਸੰਬਰ
ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਇੱਕ-ਦੂਜੇ ‘ਤੇ ਕੌਂਸਲਰਾਂ ਦੀ ਖ਼ਰੀਦੋ-ਫਰੋਖ਼ਤ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਾਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਆਪ’ ਕੌਂਸਲਰਾਂ ਨੂੰ ਭਾਜਪਾ ਦੇ ‘ਆਪਰੇਸ਼ਨ ਕਮਲ’ ਦਾ ਪਰਦਾਫਾਸ਼ ਕਰਨ ਦਾ ਸੱਦਾ ਦਿੱਤਾ ਹੈ। ਉਧਰ, ਭਾਜਪਾ ਦੇ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਦੋਸ਼ ਲਾਇਆ ਕਿ ‘ਆਪ’ ਕਾਰਕੁਨਾਂ ਵੱਲੋਂ ਪਾਰਟੀ ਦੇ ਕੌਂਸਲਰਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਭਾਜਪਾ ਦੀ ਨਵੀਂ ਚੁਣੀ ਕੌਂਸਲਰ ਡਾ. ਮੋਨਿਕਾ ਪਾਤਰਾ ਤੇ ਪੂਨਾਵਾਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ‘ਆਪ’ ਆਗੂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤੇ ਆਪਣੀ ਪਾਰਟੀ ‘ਚ ਸ਼ਾਮਲ ਹੋਣ ਲਈ ਪੈਸੇ ਦੀ ਪੇਸ਼ਕਸ਼ ਕੀਤੀ। ਪਾਰਟੀ ਆਗੂਆਂ ਨੇ ਕਿਹਾ ਕਿ ਦਿੱਲੀ ਭਾਜਪਾ ਇਕਾਈ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਕੋਲ ਸ਼ਿਕਾਇਤ ਦਰਜ ਕਰਵਾਏਗੀ।