ਨਵੀਂ ਦਿੱਲੀ, 3 ਜਨਵਰੀ
ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਉਹ ਕਰੀਬ ਨੌਂ ਸਾਲ ਜੇਲ੍ਹ ਦੀ ਸਜ਼ਾ ਕੱਟ ਚੁੱਕਿਆ ਹੈ। ਖੋਖਰ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਅਤੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਵੀ ਇਸੇ ਮਾਮਲੇ ਵਿਚ ਕ੍ਰਮਵਾਰ ਉਮਰ ਕੈਦ ਅਤੇ 10 ਸਾਲ ਦੀ ਸਜ਼ਾ ਭੁਗਤ ਰਹੇ ਹਨ। ਜਸਟਿਸ ਐੱਸਕੇ ਕੌਲ ਅਤੇ ਜਸਟਿਸ ਅਭੈ ਐੱਸ. ਓਕਾ ਦੇ ਬੈਂਚ ਨੇ ਇਸ ਦਲੀਲ ਦਾ ਨੋਟਿਸ ਲਿਆ ਕਿ ਖੋਖਰ 50 ਫੀਸਦੀ ਅਪਾਹਜ ਹੋਣ ਤੋਂ ਇਲਾਵਾ ਇਸ ਕੇਸ ਵਿੱਚ ਹੁਣ ਤੱਕ ਅੱਠ ਸਾਲ 10 ਮਹੀਨੇ ਦੀ ਕੈਦ ਕੱਟ ਚੁੱਕਾ ਹੈ। ਇਸ ਤੋਂ ਪਹਿਲਾਂ ਮਈ 2020 ਵਿੱਚ, ਸੁਪਰੀਮ ਕੋਰਟ ਨੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਸਿਹਤ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਜਾਂ ਪੈਰੋਲ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਹਾਈ ਕੋਰਟ ਨੇ 17 ਦਸੰਬਰ 2018 ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸੱਜਣ ਕੁਮਾਰ ਅਤੇ ਬਲਵਾਨ ਖੋਖਰ ਤਿਹਾੜ ਜੇਲ੍ਹ ਵਿੱਚ ਬੰਦ ਹਨ। ਖੋਖਰ ਦੀ ਉਮਰ ਕੈਦ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ ਨੇ 2018 ਵਿੱਚ ਬਰਕਰਾਰ ਰੱਖਿਆ ਸੀ।