ਨਵੀਂ ਦਿੱਲੀ, 12 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਵਾਇਸ ਆਫ ਗਲੋਬਲ ਸਾਊਥ’ ਸਿਖ਼ਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਗਲੋਬਲ ਸਾਊਥ’ ਜ਼ਿਆਦਾਤਰ ਕੌਮਾਂਤਰੀ ਚੁਣੌਤੀਆਂ ਲਈ ਜ਼ਿੰਮੇਵਾਰ ਨਹੀਂ ਹੈ, ਸਗੋਂ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ। ਆਨਲਾਈਨ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਅਸੀਂ ਨਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕੇ ਹਾਂ, ਪਿਛਲਾ ਸਾਲ ਜੰਗ, ਸੰਘਰਸ਼, ਅਤਿਵਾਦ ਅਤੇ ਤਣਾਅ ਨਾਲ ਭਰਿਆ ਸੀ।’ ਪ੍ਰਧਾਨ ਮੰਤਰੀ ਨੇ ਤੇਲ ਅਤੇ ਖੁਰਾਕੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਦੇ ਨਾਲ-ਨਾਲ ਜਲਵਾਯੂ ਪਰਿਵਰਤਨ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ, ‘ਇਹ ਸਪੱਸ਼ਟ ਹੈ ਕਿ ਵਿਸ਼ਵ ਸੰਕਟ ਦੀ ਸਥਿਤੀ ਵਿੱਚ ਹੈ। ਅਸਥਿਰਤਾ ਦੀ ਸਥਿਤੀ ਕਦੋਂ ਤੱਕ ਜਾਰੀ ਰਹੇਗੀ, ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ।’