ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਜਨਵਰੀ
ਕਾਂਗਰਸ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿੱਚ ਸਸਕਾਰ ਕਰ ਦਿੱਤਾ ਗਿਆ। ਚੌਧਰੀ ਸੰਤੋਖ ਸਿੰਘ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਨੇ ਦਿਖਾਈ। ਇਸ ਮੌਕੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਸ਼ਾਮਲ ਹੋਏ। ਪਿੰਡ ਧਾਲੀਵਾਲ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾਂ ਨੇ ਮਰਹੂਮ ਨੇਤਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।

ਇਸ ਤੋਂ ਪਹਿਲਾਂ ਚੌਧਰੀ ਸੰਤੋਖ ਸਿੰਘ ਦੀ ਅੰਤਿਮ ਯਾਤਰਾ ਉਨ੍ਹਾਂ ਦੀ ਜਲੰਧਰ ਦੇ ਵਿਜੈ ਨਗਰ ਵਿਚਲੀ ਰਿਹਾਇਸ਼ ਤੋਂ ਸ਼ੁਰੂ ਹੋਈ। ਅਰਥੀ ਨੂੰ ਮੋਢਾ ਦੇਣ ਵਾਲਿਆਂ ਵਿੱਚ ਉਨ੍ਹਾਂ ਦੇ ਪੁੱਤਰ ਚੌਧਰੀ ਵਿਕਰਮਜੀਤ ਸਿੰਘ ਤੇ ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਚੌਧਰੀ ਸੰਤੋਖ ਸਿੰਘ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਉਹ ਭਾਰਤ ਜੋੜੋ ਯਾਤਰਾ ਵਿਚ ਰਾਹੁਲ ਗਾਂਧੀ ਦੇ ਨਾਲ ਚੱਲ ਰਹੇ ਸਨ। ਉਨ੍ਹਾਂ ਦੀ ਮੌਤ ਕਾਰਨ ਇਹ ਯਾਤਰਾ 24 ਘੰਟਿਆਂ ਲਈ ਮੁਲਤਵੀ ਕਰ ਦਿੱਤੀ ਗਈ ਸੀ।
ਚੌਧਰੀ ਸੰਤੋਖ ਸਿੰਘ ਦੇ ਵੱਡੇ ਭਰਾ ਚੌਧਰੀ ਜਗਜੀਤ ਸਿੰਘ ਆਪਣੇ ਆਖ਼ਰੀ ਸਾਹਾਂ ਤੱਕ ਆਪਣੇ ਪਿੰਡ ਧਾਲੀਵਾਲ ਕਾਦੀਆਂ ਵਿੱਚ ਹੀ ਰਹੇ ਸਨ। ਚੌਧਰੀ ਸੰਤੋਖ ਸਿੰਘ ਦਾ ਸਸਕਾਰ ਉਸ ਥਾਂ ‘ਤੇ ਕੀਤਾ ਗਿਆ ਜਿੱਥੇ ਉਨ੍ਹਾਂ ਦੇ ਪਿਤਾ ਮਾਸਟਰ ਗੁਰਬੰਤ ਸਿੰਘ ਅਤੇ ਸਾਬਕਾ ਮੰਤਰੀ ਚੌਧਰੀ ਜਗਜੀਤ ਸਿੰਘ ਦੀਆਂ ਸਮਾਧਾਂ ਬਣੀਆਂ ਹੋਈਆਂ ਹਨ।
ਇਸ ਮੌਕੇ ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਪਰਗਟ ਸਿੰਘ , ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਅਮਨ ਅਰੋੜਾ, ਵਿਧਾਇਕ ਸ਼ੀਤਲ ਅੰਗੁਰਾਲ, ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਣੇ ਹੋਰ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
ਜ਼ਿਕਰਯੋਗ ਹੈ ਕਿ ਚੌਧਰੀ ਸੰਤੋਖ ਸਿੰਘ 2014 ਤੋਂ ਲਗਾਤਾਰ ਦੋ ਵਾਰ ਸੰਸਦ ਮੈਂਬਰ ਬਣੇ ਸਨ। ਫਿਲੌਰ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਬਣੇ ਸਨ। 1992 ਵਿੱਚ ਪਹਿਲ਼ੀ ਵਾਰ ਵਿਧਾਇਕ ਚੁਣੇ ਗਏ ਸਨ। ਚੌਧਰੀ ਸੰਤੋਖ ਸਿੰਘ ਨੇ 1970 ਵਿੱਚ ਫਿਲੌਰ ਤੋਂ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਪੰਜਾਬ ਯੂਥ ਕਾਂਗਰਸ ਦੇ ਆਗੂ ਦੇ ਤੌਰ ‘ਤੇ ਕੀਤੀ ਸੀ।