ਇਸਲਾਮਾਬਾਦ (ਪਾਕਿਸਤਾਨ), 28 ਜਨਵਰੀ
ਇਸਲਾਮਾਬਾਦ ਪੁਲੀਸ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਇਮਰਾਨ ਖਾਨ ਦੀ ਇਥੇ ਸਥਿਤ ਰਿਹਾਇਸ਼ ‘ਬਨੀ ਗਾਲਾ’ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸੇ ਦੌਰਾਨ ਖੈਬਰ ਪਖਤੂਨਖਵਾ ਦੀ ਕਾਰਜਕਾਰੀ ਸਰਕਾਰ ਨੇ ਵੀ ਇਮਰਾਨ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਪੁਲੀਸ ਅਧਿਕਾਰੀ ਵਾਪਸ ਬੁਲਾ ਲਏ ਹਨ। ਜ਼ਿਕਰਯੋਗ ਹੈ ਕਿ ਇਮਰਾਨ ਖਾਨ ਨੇ ਦੋਸ਼ ਲਾਇਆ ਸੀ ਕਿ ਸਾਬਕਾ ਰਾਸ਼ਟਰਪਤੀ ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਚੇਅਰਮੈਨ ਆਸਿਫ ਅਲੀ ਜ਼ਰਦਾਰੀ ਨੇ ਉਨ੍ਹਾਂ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ ਤੇ ਇਸ ਮੰਤਵ ਲਈ ਇਕ ਅਤਿਵਾਦੀ ਗਰੋਹ ਨੂੰ ਕੰਟਰੈਕਟ ਵੀ ਦਿੱਤਾ ਗਿਆ ਸੀ। ਇਮਰਾਨ ਵੱਲੋਂ ਲਾਏ ਇਨ੍ਹਾਂ ਦੋਸ਼ਾਂ ਮਗਰੋਂ ਉਨ੍ਹਾਂ ਦੀ ਸੁਰੱਖਿਆ ਹਟਾ ਲਈ ਗਈ ਹੈ। ਦੱਸਣਯੋਗ ਹੈ ਕਿ ਵਜ਼ੀਰਾਬਾਦ ਵਿੱਚ ਇਮਰਾਨ ‘ਤੇ ਹੋਏ ਹਮਲੇ ਮਗਰੋਂ ਖੈਬਰ ਪਖਤੂਨਖਵਾ ਪ੍ਰਾਂਤ ਦੇ 50 ਪੁਲੀਸ ਅਧਿਕਾਰੀ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਸਨ। -ਏਪੀ
ਪੀਐੱਮਐੱਲ (ਐੱਨ) ਦੀ ਆਗੂ ਮਰੀਅਮ ਨਵਾਜ਼ ਪਾਕਿਸਤਾਨ ਪਰਤੀ
ਲਾਹੌਰ: ਪਾਕਿਸਤਾਨ ਮੁਸਲਿਮ ਲੀਗ (ਐੱਨ) ਦੀ ਸੀਨੀਅਰ ਉਪ ਪ੍ਰਧਾਨ ਮਰੀਅਮ ਨਵਾਜ਼ ਅੱਜ ਪਾਕਿਸਤਾਨ ਪਰਤ ਆਈ ਹੈ ਅਤੇ ਪੰਜਾਬ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਦਮ ਚੁੱਕੇਗੀ। ਉਹ ਆਪਣੇ ਪਿਤਾ ਨਵਾਜ਼ ਸ਼ਰੀਫ ਦਾ ਹਾਲ ਜਾਣਨ ਲਈ ਚਾਰ ਮਹੀਨੇ ਪਹਿਲਾਂ ਲੰਡਨ ਗਈ ਸੀ। ਬੀਤੇ ਸਾਲ ਅਕਤੂਬਰ ਮਹੀਨੇ ਵਿੱਚ ਉਸ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚੋਂ ਬਰੀ ਕੀਤਾ ਗਿਆ ਸੀ ਜਿਸ ਮਗਰੋਂ ਉਹ ਲੰਡਨ ਰਵਾਨਾ ਹੋਈ ਸੀ। ਪਾਕਿਸਤਾਨ ਮੁਸਲਿਮ ਲੀਗ (ਐੱਨ) ਦੇ ਮੁਖੀ ਨਵਾਜ਼ ਸ਼ਰੀਫ ਨੇ ਮਰੀਅਮ ਅਤੇ ਸਾਬਕਾ ਗ੍ਰਹਿ ਮੰਤਰੀ ਰਾਣਾ ਸਨਾਉਲ੍ਹਾ ਨੂੰ ਅਧਿਕਾਰ ਦਿੱਤੇ ਹਨ ਕਿ ਉਹ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਤੇ ਰੈਲੀਆਂ ਕਰਨ। -ਪੀਟੀਆਈ