ਨਵੀਂ ਦਿੱਲੀ, 22 ਫਰਵਰੀ
ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੇ ਉਨ੍ਹਾਂ ਹੁਕਮਾਂ ‘ਤੇ ਸਟੇਅ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਵਿੱਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਅਸਲੀ ਸ਼ਿਵ ਸੈਨਾ ਵਜੋਂ ਮਾਨਤਾ ਦਿੱਤੀ ਗਈ ਹੈ। ਇਸੇ ਦੌਰਾਨ ਮੁੱਖ ਮੰਤਰੀ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਇਸ ਕੇਸ ਬਾਰੇ ਪੱਖ ਸਪਸ਼ਟ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਊਧਵ ਠਾਕਰੇ ਧੜੇ ਨੇ ਚੋਣ ਕਮਿਸ਼ਨ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਚੀਫ ਜਸਟਿਸ ਡੀ. ਵਾਈ. ਚੰਦਰਚੂੜ ‘ਤੇ ਆਧਾਰਿਤ ਬੈਂਚ ਨੇ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਵੱਲੋਂ ਦਿੱਤੀਆਂ ਦਲੀਲਾਂ ‘ਤੇ ਗੌਰ ਕਰਦਿਆਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਇਸੇ ਕੇਸ ਬਾਰੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਕਪਿਲ ਸਿੱਬਲ ਵੱਲੋਂ ਊਧਵ ਧੜੇ ਦੇ ਕੇਸ ਦੀ ਪੈਰਵੀ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਸਟੇਅ ਲਾਉਣ ਤੋਂ ਇਨਕਾਰ ਕਰਦਿਆਂ ਦਲੀਲ ਦਿੱਤੀ ਕਿ ਦੂਜੇ ਧੜੇ (ਸ਼ਿੰਦੇ ਗਰੁੱਪ) ਦਾ ਪੱਖ ਸੁਣੇ ਬਗੈਰ ਕੋਈ ਵੀ ਫੈਸਲਾ ਨਹੀਂ ਸੁਣਾਇਆ ਜਾ ਸਕਦਾ। -ਪੀਟੀਆਈ