ਨਵੀਂ ਦਿੱਲੀ, 13 ਮਾਰਚ
ਅੱਜ ਤੋਂ ਸ਼ੁਰੂ ਹੋਏ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ‘ਚ ਕਾਂਗਰਸ ਸਮੇਤ 16 ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਚਰਚਾ ਕੀਤੀ। ਸੂਤਰਾਂ ਮੁਤਾਬਕ ਵਿਰੋਧੀ ਧਿਰ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਅਤੇ ਅਡਾਨੀ ਵਿਵਾਦ ਸਮੇਤ ਕੁਝ ਹੋਰ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਇਸ ਮੀਟੰਗ ‘ਚ ਸ੍ਰੀ ਮਲਿਕਾਰੁਜਨ ਖੜਗੇ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਨੇਤਾ ਕੇਸੀ ਵੇਣੂਗੋਪਾਲ ਅਤੇ ਜੈਰਾਮ ਰਮੇਸ਼, ਡੀਐੱਮਕੇ ਦੇ ਟੀਆਰ ਬਾਲੂ, ਆਰਜੇਡੀ ਦੇ ਫਯਾਜ਼ ਅਹਿਮਦ, ਸ਼ਿਵ ਸੈਨਾ (ਊਧਵ) ਦੇ ਸੰਜੇ ਰਾਉਤ, ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਅਤੇ ਕਈ ਹੋਰ ਪਾਰਟੀਆਂ ਦੇ ਨੇਤਾ ਸ਼ਾਮਲ ਹੋਏ। ਤ੍ਰਿਣਮੂਲ ਕਾਂਗਰਸ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੈਸ਼ਨ ਲਈ ਪਾਰਟੀ ਦੀ ਰਣਨੀਤੀ ‘ਤੇ ਚਰਚਾ ਕਰਨ ਲਈ ਆਪਣੀ ਸੰਸਦੀ ਪਾਰਟੀ ਦੀ ਮੁਖੀ ਸੋਨੀਆ ਗਾਂਧੀ ਦੀ ਅਗਵਾਈ ਹੇਠ ਵੱਖਰੇ ਤੌਰ ‘ਤੇ ਬੈਠਕ ਕੀਤੀ।