ਨਵੀਂ ਦਿੱਲੀ, 20 ਮਾਰਚ
ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਅੱਜ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ‘ਚ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਚਰਚਾ ਕੀਤੀ। ਇਹ ਵਿਰੋਧੀ ਪਾਰਟੀਆਂ ਵੱਖ-ਵੱਖ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਅਤੇ ਅਡਾਨੀ ਸਮੂਹ ਦੇ ਕਥਿਤ ਘਪਲੇ ਲਈ ਇਸ ਸੈਸ਼ਨ ‘ਚ ਸਰਕਾਰ ਨੂੰ ਘੇਰਨ ਲਈ ਇਕਜੁੱਟ ਹਨ। ਕਾਂਗਰਸ ਮੈਂਬਰ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ ਯਾਤਰਾ’ ਦੌਰਾਨ ਦਿੱਤੇ ਬਿਆਨ ਬਾਰੇ ਦਿੱਲੀ ਪੁਲੀਸ ਦੇ ਅਧਿਕਾਰੀਆਂ ਦਾ ਉਨ੍ਹਾਂ ਦੀ ਰਿਹਾਇਸ਼ ‘ਤੇ ਜਾਣ ਦਾ ਮੁੱਦਾ ਵੀ ਉਠਾ ਸਕਦੇ ਹਨ। ਸੰਸਦ ਭਵਨ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ ਵਿੱਚ ਸ੍ਰੀ ਖੜਗੇ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਕੇਸੀ ਵੇਣੂਗੋਪਾਲ ਅਤੇ ਜੈਰਾਮ ਰਮੇਸ਼, ਡੀਐੱਮਕੇ ਦੇ ਟੀਆਰ ਬਾਲੂ, ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਦੇ ਸੰਜੇ ਰਾਉਤ ਅਤੇ ਕਈ ਹੋਰ ਪਾਰਟੀਆਂ ਦੇ ਆਗੂ ਮੌਜੂਦ ਸਨ।