ਨਵੀਂ ਦਿੱਲੀ/ਬੰਗਲੂਰੂ, 1 ਅਪਰੈਲ
ਕਰਨਾਟਕ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਡੀਐੱਸ ਦੇ ਆਗੂ ਏ.ਟੀ. ਰਾਮਾਸਵਾਮੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਿਅੰਤ ਗੌਤਮ ਅਤੇ ਰਾਜ ਸਭਾ ਮੈਂਬਰ ਲੇਹਰ ਸਿੰਘ ਸਿਰੋਇਆ ਹਾਜ਼ਰ ਸਨ। ਰਾਮਾਸਵਾਮੀ ਨੇ ਸ਼ੁੱਕਰਵਾਰ ਨੂੰ ਰਾਜ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਰਾਮਾਸਵਾਮੀ ਨੇ ਨਵੀਂ ਦਿੱਲੀ ਵਿੱਚ ਭਾਜਪਾ ‘ਚ ਸ਼ਾਮਲ ਹੋਣ ਮਗਰੋਂ ਕਿਹਾ, ”ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਦੇ ਪਿਆਰ ਅਤੇ ਸਨੇਹ ਸਦਕਾ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਹਾਂ।” ਰਾਮਾਸਵਾਮੀ ਨੇ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਤੋਂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਉਹ ਪਾਰਟੀ ਦੇ ਕੰਮਕਾਜ ਅਤੇ ਦੇਸ਼ ਦੀ ਤਰੱਕੀ ਤੋਂ ਪ੍ਰਭਾਵਿਤ ਹਨ। -ਪੀਟੀਆਈ