ਗੁਰਮਲਕੀਅਤ ਸਿੰਘ ਕਾਹਲੋਂ
ਵੈਨਕੂਵਰ, 17 ਅਪੈਰਲ
ਕੈਨੇਡਾ ਦੀ ਵਿਰੋਧੀ ਧਿਰ ਦੇ ਆਗੂ ਪੀਅਰ ਪੋਲੀਵਰ ਨੇ ਕੈਨੇਡਾ ਦੇ ਵਿਕਾਸ ਵਿੱਚ ਪਾਏ ਯੋਗਦਾਨ ਲਈ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੁੜ ਚੁੱਕਣ ਦਾ ਵਾਅਦਾ ਕੀਤਾ। ਸਿੱਖਾਂ ਨੂੰ ਵਿਸਾਖੀ ਦੀ ਵਧਾਈ ਦਿੰਦਿਆਂ ਉਨ੍ਹਾਂ ਕੈਨੇਡਾ ਨੂੰ ਹਵਾਈ ਰਸਤੇ ਸਿੱਧਾ ਅੰਮ੍ਰਿਤਸਰ ਨਾਲ ਜੋੜਨ ਦੀ ਵਕਾਲਤ ਕੀਤੀ ਅਤੇ ਕਿਹਾ ਕਿ ਉਹ ਇਹ ਉਡਾਣਾਂ ਸ਼ੁਰੂ ਹੋਣ ਤੱਕ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਥਾਂ ਗੱਲਾਂ ਕਰ ਕੇ ਡੰਗ ਟਪਾ ਰਹੇ ਹਨ।
ਉਨ੍ਹਾਂ ਅੰਕੜਿਆਂ ਦੇ ਹਵਾਲੇ ਨਾਲ ਮੰਨਿਆ ਕਿ ਕੈਨੇਡਾ ਤੋਂ ਭਾਰਤ ਆਉਣ-ਜਾਣ ਵਾਲਿਆਂ ਵਿੱਚ ਅਕਸਰ ਪੰਜਾਬੀਆਂ ਦੀ ਬਹੁਤਾਤ ਹੁੰਦੀ ਹੈ, ਜਿਨ੍ਹਾਂ ਨੂੰ ਦਿੱਲੀ ਤੋਂ ਆਪਣੇ ਘਰਾਂ ਤਕ ਪੁੱਜਣਾ ਸੌਖਾ ਨਹੀਂ। ਇਸ ਲਈ ਉਨ੍ਹਾਂ ਦੀ ਸਹੂਲਤ ਲਈ ਕੈਨੇਡਾ ਨੂੰ ਹਵਾਈ ਰਸਤੇ ਸਿੱਧਾ ਅੰਮ੍ਰਿਤਸਰ ਨਾਲ ਜੋੜਨਾ ਜ਼ਰੂਰੀ ਹੈ ਅਤੇ ਉਨ੍ਹਾਂ ਦੀ ਪਾਰਟੀ ਇਸ ਵਾਸਤੇ ਹਰ ਸੰਭਵ ਯਤਨ ਕਰਦੀ ਰਹੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅਗਲੀਆਂ ਸੰਸਦੀ ਚੋਣਾਂ ਵਿਚ ਉਨ੍ਹਾਂ ਦੀ ਪਾਰਟੀ ਵੱਡੇ ਬਹੁਮੱਤ ਨਾਲ ਜਿੱਤ ਹਾਸਲ ਕਰੇਗੀ।