ਨਵੀਂ ਦਿੱਲੀ/ਕੋਲਕਾਤਾ, 28 ਅਪਰੈਲ
ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਕੂਲ ਭਰਤੀ ਘੁਟਾਲਾ ਮਾਮਲੇ ‘ਚ ਜਸਟਿਸ ਅਭਿਜੀਤ ਗੰਗੋਪਾਧਿਆਏ ਵੱਲੋਂ ਇੱਕ ਨਿਊਜ਼ ਚੈਨਲ ਨੂੰ ਦਿੱਤੀ ਇੰਟਰਵਿਊ ਸਬੰਧੀ ਰਿਪੋਰਟ ਦੀ ਸਮੀਖਿਆ ਕਰਨ ਤੋਂ ਬਾਅਦ ਕਲਕੱਤਾ ਹਾਈ ਕੋਰਟ ਨੂੰ ਇਸ ਮਾਮਲੇ ਦੀ ਜਾਂਚ ਕਿਸੇ ਹੋਰ ਜੱਜ ਹਵਾਲੇ ਕਰਨ ਦਾ ਹੁਕਮ ਦਿੱਤਾ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮਹਾ ਦੇ ਬੈਂਚ ਨੇ ਤ੍ਰਿਣਮੂਲ ਕਾਂਗਰਸ ਦੇ ਆਗੂ ਅਭਿਸ਼ੇਕ ਬੈਨਰਜੀ ਦੀ ਅਪੀਲ ‘ਤੇ ਸੁਣਵਾਈ ਕਰਦਿਆਂ ਕਲਕੱਤਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਦੀ ਰਿਪੋਰਟ ਦਾ ਨੋਟਿਸ ਲਿਆ ਤੇ ਕਿਹਾ ਕਿ ਇਹ ਮਾਮਲਾ ਕਿਸੇ ਹੋਰ ਜੱਜ ਦੀ ਅਗਵਾਈ ਹੇਠਲੇ ਬੈਂਚ ਨੂੰ ਸੌਂਪਣਾ ਪਵੇਗਾ। ਬੈਂਚ ਨੇ ਆਪਣੇ ਹੁਕਮਾਂ ‘ਚ ਕਿਹਾ, ‘ਅਸੀਂ ਕਲਕੱਤਾ ਹਾਈ ਕੋਰਟ ਦੇ ਮਾਨਯੋਗ ਕਾਰਜਕਾਰੀ ਚੀਫ ਜਸਟਿਸ ਨੂੰ ਕਲਕੱਤਾ ਹਾਈ ਕੋਰਟ ਦੇ ਕਿਸੇ ਹੋਰ ਜੱਜ ਨੂੰ ਪੈਂਡਿੰਗ ਕਾਰਵਾਈ ਸੌਂਪਣ ਦਾ ਨਿਰਦੇਸ਼ ਦਿੰਦੇ ਹਾਂ। ਜਿਸ ਜੱਜ ਨੂੰ ਕਾਰਵਾਈ ਸੌਂਪੀ ਜਾਵੇਗੀ, ਉਨ੍ਹਾਂ ਨੂੰ ਇਸ ਸਬੰਧੀ ਦਾਇਰ ਕੀਤੀਆਂ ਗਈਆਂ ਸਾਰੀਆਂ ਪਟੀਸ਼ਨਾਂ ‘ਤੇ ਗੌਰ ਕਰਨ ਦੀ ਆਜ਼ਾਦੀ ਹੋਵੇਗੀ।’ ਅਭਿਸ਼ੇਕ ਬੈਨਰਜੀ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਤੋਂ ਬਾਅਦ ਕੋਲਕਾਤਾ ਹਾਈ ਕੋਰਟ ਦੇ ਜਸਟਿਸ ਅਭਿਜੀਤ ਗੰਗੋਪਾਧਿਆਏ ਨੇ ਸੁਪਰੀਮ ਕੋਰਟ ਦੇ ਰਜਿਸਟਰਾਰ ਜਨਰਲ ਤੋਂ ਉਨ੍ਹਾਂ ਦੀ ਟੀਵੀ ਇੰਟਰਵਿਊ ਤੇ ਇਸ ਸਬੰਧੀ ਦਾਇਰ ਰਿਪੋਰਟ ਦੀ ਵੀ ਨਕਲ ਭੇਜਣ ਦੇ ਹੁਕਮ ਦਿੱਤੇ ਜਿਨ੍ਹਾਂ ‘ਤੇ ਸੁਪਰੀਮ ਕੋਰਟ ਨੇ ਦੇਰ ਸ਼ਾਮ ਰੋਕ ਲਗਾ ਦਿੱਤੀ। -ਪੀਟੀਆਈ