ਬੇਨੌਲਿਮ (ਗੋਆ), 5 ਮਈ
ਭਾਰਤ ਨੇ ਅੱਜ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਨੂੰ ਅਤਿਵਾਦ ਖ਼ਿਲਾਫ਼ ਮਜ਼ਬੂਤੀ ਨਾਲ ਨਜਿੱਠਣ ‘ਤੇ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿੱਤਾ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐੱਸਸੀਓ ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਪਾਕਿਸਤਾਨ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਸਰਹੱਦ ਪਾਰ ਅਤਿਵਾਦ ਸਮੇਤ ਇਸ ਦੇ ਸਾਰੇ ਰੂਪਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ, ਚੀਨ ਦੇ ਵਿਦੇਸ਼ ਮੰਤਰੀ ਕਿਨ ਕਾਂਗ ਅਤੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਦੀ ਮੌਜੂਦਗੀ ਵਿੱਚ ਐੱਸਸੀਓ ਸੰਮੇਲਨ ਨੂੰ ਸੰਬੋਧਨ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ ਅਤਿਵਾਦ ਨੂੰ ਨਜ਼ਰਅੰਦਾਜ਼ ਕਰਨਾ ਸਮੂਹ ਦੇ ਸੁਰੱਖਿਆ ਹਿੱਤਾਂ ਲਈ ਨੁਕਸਾਨਦੇਹ ਹੋਵੇਗਾ।