ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਮਈ
ਉਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸਿੱਖ ਸੰਗਤ ਲਈ ਖੋਲ੍ਹ ਦਿੱਤੇ ਅਤੇ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ ਗਿਆ। ਗੁਰਦੁਆਰੇ ਦੇ ਕਿਵਾੜ ਖੁੱਲ੍ਹਣ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸਿੱਖ ਸੰਗਤ ਦੇ ਜੈਕਾਰਿਆਂ ਦੀ ਗੂੰਜ ਹੇਠ ਸੁਖ ਆਸਨ ਤੋਂ ਪਾਵਨ ਸਰੂਪ ਨੂੰ ਗੁਰਦੁਆਰੇ ਵਿੱਚ ਪ੍ਰਕਾਸ਼ ਕਰਨ ਲਈ ਲਿਆਂਦਾ।
ਪ੍ਰਕਾਸ਼ ਕਰਨ ਮਗਰੋਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਪਹਿਲੀ ਅਰਦਾਸ ਤੇ ਪਹਿਲਾ ਹੁਕਮਨਾਮਾ ਲਿਆ ਗਿਆ ਹੈ। ਬਾਅਦ ਵਿੱਚ ਕੀਰਤਨ ਚਲਦਾ ਰਿਹਾ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਦੋ ਹਜ਼ਾਰ ਸਿੱਖ ਸ਼ਰਧਾਲੂ ਪੁੱਜੇ ਹਨ। ਸਲਾਨਾ ਯਾਤਰਾ ਲਈ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਉਤਰਾਖੰਡ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵੀ ਯਾਤਰਾ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਟਰੱਸਟ ਵੱਲੋਂ ਵੱਖ-ਵੱਖ ਗੁਰਦੁਆਰਿਆਂ ਵਿਚ ਆਉਣ ਵਾਲੀ ਸੰਗਤ ਵਾਸਤੇ ਰਿਹਾਇਸ਼, ਲੰਗਰ ਤੇ ਹੋਰ ਪ੍ਰਬੰਧ ਕੀਤੇ ਗਏ ਹਨ।