ਨਵੀਂ ਦਿੱਲੀ, 18 ਜਨਵਰੀ
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ‘ਤੇ ਆਮ ਆਦਮੀ ਪਾਰਟੀ (ਆਪ) ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਐਲਾਨ ਨਾਲ ਸੂਬੇ ਦੀ ਮੁੱਖ ਵਿਰੋਧੀ ਪਾਰਟੀ ਨੇ ਵੀ ਆਪਣੀ ‘ਸ਼ਰਾਬ ਨੀਤੀ’ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਟਵੀਟ ਦੀ ਲੜੀ ਵਿੱਚ ਕਿਹਾ ਕਿ ਮੁੱਖ ਮੰਤਰੀ ਦਾ ਫੈਸਲਾ ਜਨਤਾ ਦੀਆਂ ਵੋਟਾਂ ਨਾਲ ਹੁੰਦਾ ਹੈ, ਨਾ ਕਿ ਮਿਸਡ ਕਾਲਾਂ ਰਾਹੀਂ। ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦੇ ਐਲਾਨ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਆਪਣੀ ਸ਼ਰਾਬ ਨੀਤੀ ਦਾ ਵੀ ਐਲਾਨ ਕਰ ਦਿੱਤਾ ਹੈ। ਇਹ ਪਾਰਟੀ ਨਸ਼ਿਆਂ ਨਾਲ ਲੜ ਰਹੇ ਪੰਜਾਬ ਨੂੰ ਨਸ਼ਿਆਂ ਵੱਲ ਧੱਕਣਾ ਚਾਹੁੰਦੀ ਹੈ।’ ਸ੍ਰੀ ਚੁੱਘ ਨੇ ਕਿਹਾ ਕਿ ਪੰਜਾਬ ਦੇ ਲੋਕ ਫੈਸਲਾ ਕਰਨਗੇ ਕਿ ਕਿਸ ਨੂੰ ਹੀਰੋ ਬਣਾਉਣਾ ਹੈ। ਉਨ੍ਹਾਂ ਦੋਸ਼ ਲਾਇਆ, ‘ਜਿਸ ਵਿਅਕਤੀ ਵਿਰੁੱਧ ਉਸੀ ਦੀ ਪਾਰਟੀ ਦੇ ਸਾਥੀ ਨੇ ਲਿਖਤੀ ਦਰਖ਼ਾਸਤ ਦਿੱਤੀ ਸੀ ਕਿ ਉਸ(ਮਾਨ) ਨਾਲ ਬੈਠਣਾ ਮੁਸ਼ਕਲ ਹੈ, ਕਿਉਂਕਿ ਉਸ ਦੇ ਮੂੰਹੋਂ ਸ਼ਰਾਬ ਦੀ ਬਦਬੂ ਆਉਂਦੀ ਹੈ। ਅਜਿਹੇ ਲੋਕ ਪੰਜਾਬ ਦਾ ਕੀ ਕਰਨਗੇ? ਉਹ ਜਾਣਦਾ ਹੈ ਅਤੇ ਆਪਣੀਆਂ ਵੋਟਾਂ ਨਾਲ ਇਸ ਦਾ ਜਵਾਬ ਦੇਣਗੇ।’