ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 21 ਜਨਵਰੀ
ਆਬੂ-ਧਾਬੀ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਡਰੋਨ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਪੰਜਾਬ ਨਾਲ ਸਬੰਧਤ ਦੋ ਨੌਜਵਾਨਾਂ ਦੀਆਂ ਦੇਹਾਂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ‘ਤੇ ਪੁੱਜੀਆਂ। ਇਨ੍ਹਾਂ ਨੌਜਵਾਨਾਂ ਦੀ ਪਛਾਣ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਹਿਸਮਪੁਰਾ ਦੇ ਹਰਦੀਪ ਸਿੰਘ ਅਤੇ ਮੋਗਾ ਜ਼ਿਲ੍ਹੇ ਦੇ ਪ੍ਰਦੀਪ ਸਿੰਘ ਵਜੋਂ ਹੋਈ। ਇਨ੍ਹਾਂ ਦੀਆਂ ਦੇਹਾਂ ਲੈਣ ਲਈ ਹਵਾਈ ਅੱਡੇ ਪਹੁੰਚੇ ਪਰਿਵਾਰਕ ਮੈਂਬਰ ਵਿਰਲਾਪ ਕਰ ਰਹੇ ਸਨ। ਹਵਾਈ ਅੱਡਾ ਵਿਖੇ ਪੁਲੀਸ ਅਧਿਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਦੁਬਈ: ਇਸ ਤੋਂ ਪਹਿਲਾਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤ ਦੇ ਰਾਜਦੂਤ ਸੰਜੇ ਸੁਧੀਰ ਨੇ ਕਿਹਾ ਕਿ ਆਬੂ ਧਾਬੀ ਵਿਚ ਸੋਮਵਾਰ ਨੂੰ ਹੋਏ ਡਰੋਨ ਹਮਲੇ ਵਿਚ ਮਾਰੇ ਗਏ ਦੋ ਭਾਰਤੀ ਨਾਗਰਿਕਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਨੂੰ ਪੰਜਾਬ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਵਿੱਚ ਭਾਰਤੀ ਮਿਸ਼ਨ ਨੇ ਦੋਵਾਂ ਭਾਰਤੀਆਂ ਦੀਆਂ ਲਾਸ਼ਾਂ ਨੂੰ ਭਾਰਤ ਭੇਜਣ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਹਨ। ਸੁਧੀਰ ਨੇ ਟਵੀਟ ਕੀਤਾ ਸੀ, ‘ਲਾਸ਼ਾਂ ਸ਼ੁੱਕਰਵਾਰ ਅੰਮ੍ਰਿਤਸਰ ਪਹੁੰਚ ਜਾਣਗੀਆਂ। ਅਸੀਂ ਯੂਏਈ ਸਰਕਾਰ ਦੇ ਸਹਿਯੋਗ ਦੀ ਬਹੁਤ ਸ਼ਲਾਘਾ ਕਰਦੇ ਹਾਂ। ਅਸੀਂ ਸਥਾਨਕ ਸਹਾਇਤਾ ਲਈ ਪੰਜਾਬ ਸਰਕਾਰ ਦੇ ਸੰਪਰਕ ਵਿੱਚ ਹਾਂ।’